ਅੰਬਾਲਾ- (ਬੀਪੀਬਿਉਰੋ)
ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਮੌਕੇ ਤੇ ਪੰਜਾਬੀ ਅਧਿਆਪਕਾਂ ਦੀ ਜਥੇਬੰਦੀ ਪੰਜਾਬੀ ਅਧਿਆਪਕ ਅਤੇ ਭਾਸ਼ਾ ਪ੍ਰਚਾਰ ਪ੍ਰਸਾਰ ਸੁਸਾਇਟੀ ਹਰਿਆਣਾ ਦੇ ਸੱਦੇ ਤੇ ਅੰਬਾਲਾ ਜ਼ਿਲ੍ਹਾ ਇਕਾਈ ਦੇ ਮੈਂਬਰਾਂ ਨੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਦਰਸ਼ੀ ਦੀ ਅਗਵਾਈ ਵਿਚ ਪੰਜਾਬੀ ਅਧਿਆਪਕਾਂ ਨੂੰ ਦਰਪੇਸ਼ ਆ ਰਹੀਆਂ ਔਕੜਾਂ ਅਤੇ ਸਕੂਲਾਂ ਵਿਚ ਪੰਜਾਬੀ ਅਧਿਆਪਕਾਂ ਦੀ ਘਾਟ ਪੂਰੀ ਕਰਨ ਤੇ ਪੰਜਾਬੀ ਨੂੰ ਹਰਿਆਣਾ ਦੇ ਸਕੂਲਾਂ ਵਿਚ ਦੂਜੀ ਭਾਸ਼ਾ ਵਜੋਂ ਪੜ੍ਹਾਏ ਜਾਣ ਆਦਿ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀ ਮਾਰਫ਼ਤ ਮੁੱਖ ਮੰਤਰੀ ਦੇ ਨਾਂ 5 ਨੁਕਾਤੀ ਮੰਗ ਪੱਤਰ ਸੌਂਪਿਆ।
ਮੰਗ ਪੱਤਰ ਸੌਂਪਣ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਦਰਸ਼ੀ ਨੇ ਦੱਸਿਆ ਕਿ ਅੱਜ ਜਥੇਬੰਦੀ ਦੀਆਂ ਵੱਖ ਵੱਖ ਜ਼ਿਲ੍ਹਾ ਇਕਾਈਆਂ ਨੇ ਆਪਣੇ ਆਪਣੇ ਜ਼ਿਲ੍ਹੇ ਦੇ ਡੀਈਓ ਰਾਹੀਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਹੈ ਕਿ ਨਵੀਂ ਸਿੱਖਿਆ ਨੀਤੀ ਦੇ ਤਹਿਤ ਸਕੂਲਾਂ ਵਿਚ ਤਿੰਨ ਭਾਸ਼ੀ ਫਾਰਮੂਲਾ ਲਾਗੂ ਕਰਦਿਆਂ ਪੰਜਾਬੀ ਵਿਸ਼ੇ ਦੀ ਪੜ੍ਹਾਈ ਯਕੀਨੀ ਬਣਾਈ ਜਾਵੇ ਅਤੇ ਪੰਜਾਬੀ ਬਹੁਲਤਾ ਵਾਲੇ ਇਲਾਕਿਆਂ ਵਿਚ ਮਾਤ ਭਾਸ਼ਾ ਪੰਜਾਬੀ ਦੂਜੀ ਭਾਸ਼ਾ ਵਜੋਂ ਪੜ੍ਹਾਈ ਜਾਵੇ ਅਤੇ ਇਸ ਦੀ ਪੜ੍ਹਾਈ ਤੀਜੀ ਜਮਾਤ ਤੋਂ ਸ਼ੁਰੂ ਕੀਤੀ ਜਾਵੇ।ਇਸ ਤੋਂ ਬਿਨਾ ਇਹ ਮੰਗ ਵੀ ਕੀਤੀ ਗਈ ਹੈ ਕਿ ਜਿਨ੍ਹਾਂ ਸਕੂਲਾਂ ਵਿਚ ਪੰਜਾਬੀ ਪੜ੍ਹਨ ਵਾਲੇ ਵਿਦਿਆਰਥੀ ਹਨ, ਉਨ੍ਹਾਂ ਵਿਚ ਪੰਜਾਬੀ ਅਧਿਆਪਕ ਨਿਯੁਕਤ ਕੀਤੇ ਜਾਣ ਅਤੇ ਜਿਨ੍ਹਾਂ ਸਕੂਲਾਂ ਵਿਚ ਪੰਜਾਬੀ ਅਧਿਆਪਕਾਂ ਦੀਆਂ ਅਸਾਮੀਆਂ ‘ਕੈਪਟ’ ਵਰਗ ਦੇ ਤਹਿਤ ਰੋਕੀਆਂ ਹੋਈਆਂ ਹਨ ਉਨ੍ਹਾਂ ਨੂੰ ਖੋਲ੍ਹਿਆ ਜਾਵੇ। ਜਿਨ੍ਹਾਂ ਪੰਜਾਬੀ ਅਧਿਆਪਕਾਂ ਨੂੰ 2016 ਵਿਚ ਤਰੱਕੀ ਦੇ ਕੇ ਸਾਲ ਬਾਅਦ ਰਿਵਰਟ ਕਰ ਦਿੱਤਾ ਗਿਆ ਸੀ ਤੇ ਉਹ ਅਦਾਲਤ ਵਿਚ ਚਲੇ ਗਏ ਸਨ। 2019 ਵਿਚ ਅਦਾਲਤ ਨੇ ਇਨ੍ਹਾਂ ਪੰਜਾਬੀ ਅਧਿਆਪਕਾਂ ਦੇ ਹੱਕ ਵਿਚ ਫੈਸਲਾ ਦਿੱਤਾ ਸੀ। ਪੰਜਾਬੀ ਅਧਿਆਪਕਾਂ ਦੀ ਮੰਗ ਹੈ ਕਿ ਫੈਸਲੇ ਅਨੁਸਾਰ ਉਨ੍ਹਾਂ ਨੂੰ ਤਰੱਕੀ ਦਿੱਤੀ ਜਾਵੇ।
ਜਥੇਬੰਦੀ ਨੇ ਮੰਗ ਕੀਤੀ ਹੈ ਕਿ ਪੰਚਕੂਲਾ, ਅੰਬਾਲਾ, ਸਿਰਸਾ, ਫਤਿਹਾਬਾਦ , ਕੁਰੂਕਸ਼ੇਤਰ, ਯਮੁਨਾਨਗਰ, ਕਰਨਾਲ ਤੇ ਕੈਥਲ ਜ਼ਿਲ੍ਹਿਆਂ ਦੇ ਸਾਰੇ ਸਕੂਲਾਂ ਵਿਚ ਟੀਜੀਟੀ ਅਤੇ ਪੀਜੀਟੀ ਪੰਜਾਬੀ ਨਿਯੁਕਤ ਕੀਤੇ ਜਾਣ। ਨਵੇਂ ਸੈਸ਼ਨ ਤੋਂ ਪਹਿਲਾਂ ਪੰਜਾਬੀ ਵਿਸ਼ੇ ਦੀਆਂ ਪੁਸਤਕਾਂ ਉਪਲਬਧ ਕਰਾਈਆਂ ਜਾਣ ਅਤੇ ਸਕੂਲਾਂ ਦੀਆਂ ਲਾਇਬ੍ਰੇਰੀਆਂ ਵਿਚ ਬਾਕੀ ਵਿਸ਼ਿਆਂ ਦੇ ਨਾਲ ਪੰਜਾਬੀ ਸਾਹਿਤ ਦੀਆਂ ਕਿਤਾਬਾਂ, ਅਖ਼ਬਾਰਾਂ ਅਤੇ ਮੈਗਜ਼ੀਨ ਵੀ ਉਪਲਬਧ ਕਰਾਏ ਜਾਣ।
ਮੰਗ ਪੱਤਰ ਦੇਣ ਵਾਲਿਆਂ ਵਿਚ ਪ੍ਰਧਾਨ ਦਰਸ਼ਨ ਸਿੰਘ ਦਰਸ਼ੀ ਦੇ ਨਾਲ ਜ਼ਿਲ੍ਹਾ ਸਕੱਤਰ ਅਸ਼ੋਕ ਲਾਂਬਾ, ਖ਼ਜ਼ਾਨਚੀ ਜਸਮਤ ਸੈਣੀ, ਰਾਜੇਸ਼ ਕੁਮਾਰ, ਲਖਵਿੰਦਰ ਸਿੰਘ, ਪ੍ਰਵੀਨ ਕੁਮਾਰ, ਹਰਪ੍ਰੀਤ ਕੌਰ, ਪੰਜਾਬੀ ਸ਼ਾਇਰ ਵਰੁਣਦੀਪ ਸਿੰਘ, ਅਮਰੀਕ ਸਿੰਘ ਵਿਰਕ, ਸਾਹਿਬਜੀਤ ਸਿੰਘ ਆਦਿ ਸ਼ਾਮਲ ਸਨ।

