ਅੰਬਾਲਾ, 14 ਫਰਵਰੀ
ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਕਿਸਾਨਾਂ ਦਾ ਰਾਹ ਰੋਕ ਕੇ ਉਨ੍ਹਾਂ ਤੇ ਕੀਤੇ ਜਾ ਰਹੇ ਅੱਤਿਆਚਾਰਾਂ ਦੀ ਕੀਮਤ ਭਾਜਪਾ ਨੂੰ ਚੁਕਾਉਣੀ ਪਵੇਗੀ। ਇਹ ਬਿਆਨ ਅੰਬਾਲਾ ਤੋਂ ਸਾਬਕਾ ਲੋਕ ਸਭਾ ਉਮੀਦਵਾਰ ਤੇ ਸੀਨੀਅਰ ਕਾਂਗਰਸੀ ਆਗੂ ਡਾ.ਕਪੂਰ ਸਿੰਘ ਨੇ ਅੱਜ ਇੱਥੇ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਦਾ ਕਿਸਾਨ ਅਤੇ ਗਰੀਬ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਹੋ ਗਿਆ ਹੈ। ਡਾ: ਕਪੂਰ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਹਰਿਆਣਾ ਸਰਹੱਦ ਤੇ ਰੋਕ ਕੇ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਸਰਕਾਰ ਦੇ ਇਸ ਗੈਰ-ਸੰਵਿਧਾਨਕ ਕਦਮ ਕਾਰਨ ਇਕੱਲੇ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ, ਹਰਿਆਣਾ, ਹਿਮਾਚਲ, ਚੰਡੀਗੜ੍ਹ, ਜੰਮੂ-ਕਸ਼ਮੀਰ ਅਤੇ ਦਿੱਲੀ ਆਉਣ-ਜਾਣ ਵਿਚ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੋਂ ਤੱਕ ਕਿ ਐਮਰਜੈਂਸੀ ਦੀ ਸਥਿਤੀ ਵਿੱਚ ਵੀ ਲੋਕ ਮਰੀਜ਼ਾਂ ਨੂੰ ਚੰਡੀਗੜ੍ਹ ਪੀਜੀਆਈ ਲੈ ਕੇ ਨਹੀਂ ਜਾ ਸਕਦੇ। ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ ਹੋਣ ਕਾਰਨ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਵਿੱਚ ਭਾਰੀ ਰੋਸ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਨੂੰ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਜਲਦੀ ਤੋਂ ਜਲਦੀ ਹੱਲ ਕਰਨਾ ਚਾਹੀਦਾ ਹੈ। ਡਾ: ਕਪੂਰ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ ਅਤੇ ਸੰਵਿਧਾਨ ਤਹਿਤ ਲੋਕਾਂ ਦੇ ਮੌਲਿਕ ਅਧਿਕਾਰਾਂ ਦੀ ਰਾਖੀ ਕਰਨੀ ਚਾਹੀਦੀ ਹੈ।
ਹੋਰ ਪੜ੍ਹੋ – ਕਿਸਾਨਾਂ ਦੀਆਂ ਕਿਹੜੀਆਂ ਮੁੱਖ ਮੰਗਾਂ ਹਨ ਜੋ ਅਣਸੁਲਝੀਆਂ ਹਨ?